ਪੰਜਾਬ ਪੁਲਿਸ ਦੇ ਅਫਸਰ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਕਾਬੂ ਕੀਤਾ ਪੜੋ ਪੂਰੀ ਜਾਣਕਾਰੀ।
ਡੀਡੀ ਨਿਊਜ਼ਪੇਪਰ । ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਮਾਲੇਰਕੋਟਲਾ ਜਿਲੇ ਦੇ ਥਾਣਾ ਸੰਦੌੜ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਵਿੰਦਰ ਸਿੰਘ ਨੂੰ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਸਦੀਕ ਵਾਸੀ ਨੂਰ ਬਸਤੀ ਮਾਲੇਰਕੋਟਲਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਸੰਦੌੜ ਥਾਣੇ ਵਿੱਚ ਪਹਿਲਾਂ ਤੋਂ ਹੀ ਉਸਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਦਰਜ ਮੁਕੱਦਮੇ ਨੂੰ ਕੈਂਸਲ ਕਰਵਾਉਣ ਬਦਲੇ 10, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਟੀਮ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 10, 000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।ਇਸ ਸਬੰਧੀ ਦੋਸ਼ੀ ਏਐਸਆਈ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।