ਅਸ਼ਲੀਲ ਵੀਡੀਓ ਮਾਮਲਾ : ਫੋਰੈਂਸਿਕ ਰਿਪੋਰਟ ‘ਚ ਹੋਇਆ ਇਹ ਅਹਿਮ ਖੁਲਾਸਾ!
ਪੰਜਾਬ ਦੇ ਮੰਤਰੀ ਲਾਲਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਦਾ ਮਾਮਲਾ ਗਰਮਾ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ‘ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਲਾਲ ਚੰਦ ਕਟਾਰੂਚੱਕ ਦੀ ਵਿਵਾਦਿਤ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਸੂਤਰਾਂ ਅਨੁਸਾਰ ਫੋਰੈਂਸਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ, “ਇਹ ਵੀਡੀਓ ਨਾ ਤਾਂ ਮਨਘੜਤ ਹੈ ਅਤੇ ਨਾ ਹੀ ਸੰਪਾਦਿਤ ਹੈ। ਫੋਰੈਂਸਿਕ ਰਿਪੋਰਟ ਦੇ ਨਾਲ ਹੀ ਰਾਜਪਾਲ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਸ਼ਿਕਾਇਤ ਵੀ ਭੇਜੀ ਹੈ, ਜਿਸ ਵਿੱਚ ਉਨ੍ਹਾਂ ਨੇ ਇਹ ਵੀਡੀਓ ਭੇਜੀ ਸੀ ਅਤੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ।”
ਦੱਸਣਯੋਗ ਹੈ ਕਿ ਖਹਿਰਾ ਦੀ ਸ਼ਿਕਾਇਤ ਤੋਂ ਬਾਅਦ ਰਾਜਪਾਲ ਨੇ ਪੰਜਾਬ ਪੁਲਿਸ ਦੀ ਬਜਾਏ ਚੰਡੀਗੜ੍ਹ ਦੇ DGP ਨੂੰ ਫੋਰੈਂਸਿਕ ਮਾਹਿਰਾਂ ਤੋਂ ਵੀਡੀਓ ਦੀ ਜਾਂਚ ਕਰਵਾਉਣ ਲਈ ਕਿਹਾ ਸੀ। ਇਹ ਰਿਪੋਰਟ ਉਦੋਂ ਆਈ ਹੈ ਜਦੋਂ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਹੈ। ਜਿਸ ਦਾ ਪੰਜਾਬ ਸਰਕਾਰ ਨੂੰ ਤਿੰਨ ਕੰਮਕਾਜੀ ਦਿਨਾਂ ਵਿੱਚ ਜਵਾਬ ਦੇਣਾ ਪਵੇਗਾ। ਇਸਦੇ ਨਾਲ ਹੀ ਦੱਸ ਦਈਏ ਕਿ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵੀ ਸਖ਼ਤ ਨਜ਼ਰ ਆ ਰਹੇ ਹਨ। ਵਿਜੇ ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਾ ਹੋਈ ਤਾਂ ਕਮਿਸ਼ਨ ਸੰਵਿਧਾਨ ਦੀ ਧਾਰਾ 338 ਤਹਿਤ ਅਧਿਕਾਰਾਂ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਨਵੀਂ ਦਿੱਲੀ ਤਲਬ ਕੀਤਾ ਜਾ ਸਕਦਾ ਹੈ।
ਕਮਿਸ਼ਨ ਨੇ ਪੀੜਤ ਕੇਸ਼ਵ ਨੂੰ ਸੁਰੱਖਿਆ ਦੇਣ ਲਈ ਵੀ ਕਿਹਾ ਹੈ। ਹੁਣ ਇਹ ਭਗਵੰਤ ਮਾਨ ਨੇ ਤੈਅ ਕਰਨਾ ਹੈ ਕਿ ਉਹ ਆਪਣੇ ਮੰਤਰੀ ਨੂੰ ਕੈਬਨਿਟ ‘ਚੋਂ ਕੱਢਣਗੇ ਜਾਂ ਉਨ੍ਹਾਂ ਨੂੰ ਬਰਕਰਾਰ ਰੱਖਣਗੇ। ਦੂਜੇ ਪਾਸੇ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਵਿਰੋਧੀ ਧਿਰ ਨੇ ਇਸ ਨੂੰ ਮੁੱਦਾ ਬਣਾਇਆ ਹੈ, ਉੱਥੇ ਹੀ ਸਰਕਾਰ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਦੇ ਮੂਡ ਵਿੱਚ ਨਹੀਂ ਹੈ। ਮੁੱਖ ਮੰਤਰੀ ਦੇ ਕਰੀਬੀ ਆਗੂ ਨੇ ਕਿਹਾ ਕਿ ਸਰਕਾਰ ਵੱਲੋਂ ਲਾਲਚੰਦ ਕਟਾਰੂਚੱਕ ਖ਼ਿਲਾਫ਼ ਕਾਰਵਾਈ ਕਰਨੀ ਸੰਭਵ ਹੈ, ਪਰ ਫਿਲਹਾਲ ਅਸੀਂ ਵਿਰੋਧੀ ਧਿਰ ਦੇ ਦਬਾਅ ਹੇਠ ਅਜਿਹਾ ਨਹੀਂ ਕਰਾਂਗੇ। ਯਾਦ ਰਹੇ ਕਿ ਇਸ ਤੋਂ ਪਹਿਲਾਂ ਫੌਜਾ ਸਿੰਘ ਸਰਾਰੀ ਦੇ ਮਾਮਲੇ ਵਿੱਚ ਵੀ ਸਰਕਾਰ ਨੇ ਅਜਿਹਾ ਕੀਤਾ ਸੀ।


