ਕਮਿਸ਼ਨਰੇਟ ਪੁਲਿਸ ਵੱਲੋਂ ਅਪਰਾਧੀਆਂ ਖਿਲਾਫ ਸਖ਼ਤ ਕਾਰਵਾਈ ਜਬਰੀ ਵਸੂਲੀ ਕਰਨ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ : ਸੀ.ਪੀ
ਜਲੰਧਰ, 10 ਜਨਵਰੀ-ਸਮਾਜ ਵਿਰੋਧੀ ਅਨਸਰਾਂ ‘ਤੇ ਸ਼ਿਕੰਜਾ ਕੱਸਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਲੋਕਾਂ ਤੋਂ ਜਬਰੀ ਵਸੂਲੀ ਕਰਨ, ਧਮਕੀਆਂ ਦੇਣ ਅਤੇ ਲੁੱਟਣ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਇੱਕ ਗਿਰੋਹ ਲੋਕਾਂ ਤੋਂ ਜਾਅਲੀ ਐਕਸੀਡੈਂਟ ਨੂੰ ਅੰਜਾਮ ਦੇ ਕੇ ਪੈਸੇ ਵਸੂਲ ਰਿਹਾ ਹੈ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਇਸ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਅਜੇ ਕੁਮਾਰ ਪੁੱਤਰ ਸਵਰਗਵਾਸੀ ਵਿੱਕੀ ਵਾਸੀ ਮਕਾਨ ਨੰਬਰ 161 ਭੂਰ ਮੰਡੀ ਜਲੰਧਰ ਛਾਉਣੀ, ਰਾਹੁਲ ਪੁੱਤਰ ਕਿਰਪਾਲ ਸਿੰਘ ਵਾਸੀ ਪੱਟੀ ਵਾਸੀ ਨੰਗਲ ਸ਼ਾਮਾ ਦਸਮੇਸ਼ ਨਗਰ ਜਲੰਧਰ ਅਤੇ ਰਾਹੁਲ ਪੁੱਤਰ ਜਸਵਿੰਦਰ ਸਿੰਘ ਵਾਸੀ ਪ੍ਰ: ਨੰਬਰ 283 ਪੀਏਪੀ ਗੇਟ ਨੰਬਰ 3 ਜਲੰਧਰ ਕੈਂਟ ਪੀਏਪੀ ਕੰਪਲੈਕਸ ਜਲੰਧਰ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਅਪਰਾਧੀ ਗਿਰੋਹ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਣ ਵਿੱਚ ਲੱਗਾ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਥਾਣਾ ਰਾਮਾ ਮੰਡੀ ਜਲੰਧਰ ਵਿਖੇ ਐਫਆਈਆਰ 16 ਮਿਤੀ 10-01-2024 ਅਧੀਨ 387,341,34 ਆਈ.ਪੀ.ਸੀ. ਦਰਜ ਕੀਤੀ ਗਈ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫਰਜ਼ੀ ਹਾਦਸਿਆਂ ਨੂੰ ਅੰਜਾਮ ਦੇ ਕੇ ਲੋਕਾਂ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਹ ਗਰੋਹ ਜਲੰਧਰ ਦੇ ਵੱਖ-ਵੱਖ ਖੇਤਰਾਂ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਰੋਹ ਕੋਲੋਂ ਇੱਕ ਕਾਰ ਟੋਇਟਾ ਇਨੋਵਾ ਨੰਬਰ ਪੀ.ਬੀ.08-ਡੀ.ਜੀ.-8120 ਸਮੇਤ ਕੁਝ ਨਕਦੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਗਰੋਹ ਸੰਘਣੀ ਆਬਾਦੀ ਵਾਲੇ ਇਲਾਕਿਆਂ ਵਿੱਚ ਸਰਗਰਮ ਸੀ ਅਤੇ ਪੀਏਪੀ ਲਾਈਟਾਂ, ਪਰਾਗਪੁਰ, ਮੈਰੀਟਨ ਹੋਟਲ ਦੇ ਆਲੇ-ਦੁਆਲੇ ਅਤੇ ਹੋਰ ਵਾਰਦਾਤਾਂ ਵਿੱਚ ਸ਼ਾਮਲ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਕੀਤੇ ਜਾਣਗੇ।