
ਬਰਨਾਲਾ, (ਰਾਜੀਵ ਕੁਮਾਰ ਹੈਪੀ)ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਦੀ ਲਗਾਤਾਰ ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੂੜੇ ਦੇ ਢੇਰ ਲੱਗਣ ਨਾਲ ਲੋਕਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਭਾਜਪਾ ਆਗੂ ਜੋਗਿੰਦਰ ਪਾਲ ਟਿੰਕੂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕੀਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਿੰਕੂ ਨੇ ਕਿਹਾ ਕਿ ਸ਼ਹਿਰ ਦੇ ਮੁੱਖ ਚੌਕਾਂ, ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਇਸ ਸਮੱਸਿਆ ਦੇ ਹੱਲ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕ ਰਹੇ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸ਼ਹਿਰ ਦੀ ਸਫਾਈ ਪ੍ਰਣਾਲੀ ਪੂਰੀ ਤਰ੍ਹਾਂ ਡਿੱਗ ਚੁੱਕੀ ਹੈ ਤਾਂ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਲੋਕਾਂ ਕੋਲ ਵੋਟ ਮੰਗਣ ਕਿਸ ਆਧਾਰ ’ਤੇ ਜਾਣਗੇ।ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਫੈਲੀ ਗੰਦਗੀ ਕਾਰਨ ਮੱਛਰਾਂ ਅਤੇ ਮੱਖੀਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਆਮ ਲੋਕਾਂ ਨੂੰ ਗੰਦਗੀ ਅਤੇ ਬਦਬੂ ਵਿਚ ਜੀਵਨ ਬਤੀਤ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।ਟਿੰਕੂ ਨੇ ਦੋਸ਼ ਲਗਾਇਆ ਕਿ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਦੇ ਬਾਵਜੂਦ ਵੀ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਣ ਵੀ ਮੁਹੱਈਆ ਨਹੀਂ ਕਰਵਾ ਸਕੀ ਤਾਂ ਵਿਕਾਸ ਦੇ ਦਾਅਵੇ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਹਨ।ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਬੇਤਰਤੀਬ ਢੰਗ ਨਾਲ ਪਾਉਣ ਕਾਰਨ ਕਈ ਸੜਕਾਂ ਟੁੱਟ ਚੁੱਕੀਆਂ ਹਨ ਅਤੇ ਵੱਡੇ ਖੱਡੇ ਬਣੇ ਹੋਏ ਹਨ, ਜਿਸ ਨਾਲ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਟਿੰਕੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਵੋਟ ਮੰਗਣ ਆਉਣ ਤਾਂ ਉਨ੍ਹਾਂ ਤੋਂ ਸਫਾਈ ਪ੍ਰਬੰਧ ਅਤੇ ਵਿਕਾਸ ਕਾਰਜਾਂ ਦਾ ਹਿਸਾਬ ਜ਼ਰੂਰ ਮੰਗਿਆ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਨੂੰ ਮੌਕਾ ਮਿਲਣ ’ਤੇ ਸ਼ਹਿਰ ਦੀ ਸਫਾਈ, ਸੀਵਰੇਜ ਅਤੇ ਟੁੱਟੀਆਂ ਸੜਕਾਂ ਵਰਗੀਆਂ ਮੁੱਖ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।: ਭਾਜਪਾ ਆਗੂ ਜੋਗਿੰਦਰ ਪਾਲ ਟਿੰਕੂ।
error: Content is protected !!