Home Barnala update ਖੇਤ ਵਿੱਚ ਟਰੈਕਟਰ ਚਲਾਉਂਦੇ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪਰਿਵਾਰ ਵੱਲੋਂ...

ਧਨੌਲਾ/ਬਰਨਾਲਾ। ਰਾਜੀਵ ਗੋਇਲ ਹੈਪੀ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਸ਼ਹਿਰ ਨੇੜੇ ਅਤਰ ਸਿੰਘ ਵਾਲਾ ਰੋਡ ਸਥਿਤ ਖੇਤਾਂ ਵਿੱਚ ਟਰੈਕਟਰ ਨਾਲ ਖੇਤ ਜੋਤ ਰਹੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੇਜਿੰਦਰ ਦਾਸ (ਲਗਭਗ 40 ਸਾਲ) ਵਜੋਂ ਹੋਈ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ, ਜਦਕਿ ਪਰਿਵਾਰ ਨੇ ਇਸ ਨੂੰ ਸਧਾਰਨ ਹਾਦਸਾ ਮੰਨਣ ਤੋਂ ਇਨਕਾਰ ਕਰਦਿਆਂ ਕਤਲ ਦੀ ਆਸ਼ੰਕਾ ਜਤਾਈ ਹੈ।ਮ੍ਰਿਤਕ ਦੇ ਪੁੱਤਰ ਹਰਮਨ ਦਾਸ ਨੇ ਦਾਅਵਾ ਕੀਤਾ ਕਿ ਸਾਰੀ ਘਟਨਾ ਉਸ ਦੀਆਂ ਅੱਖਾਂ ਸਾਹਮਣੇ ਵਾਪਰੀ ਹੈ ਅਤੇ ਉਸ ਦੇ ਪਿਤਾ ਨੂੰ ਬੇਰਹਿਮੀ ਨਾਲ ਮਾਰਿਆ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਦੇ ਹਾਲਾਤ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ ਅਤੇ ਇਹ ਮਾਮਲਾ ਆਮ ਹਾਦਸਾ ਨਹੀਂ ਲੱਗਦਾ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਅਤੇ ਡੂੰਘੀ ਜਾਂਚ ਦੀ ਮੰਗ ਕੀਤੀ ਹੈ।ਘਟਨਾ ਤੋਂ ਬਾਅਦ ਸਥਾਨਕ ਵਪਾਰੀਆਂ, ਸਮਾਜਿਕ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਧਰਨਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਮਾਮਲੇ ਵਿੱਚ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ ਅਤੇ ਸ਼ੱਕ ਦੇ ਘੇਰੇ ਵਿੱਚ ਆਉਣ ਵਾਲੇ ਵਿਅਕਤੀਆਂ ਤੋਂ ਪੁੱਛਗਿੱਛ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।ਧਰਨੇ ਵਿੱਚ ਸ਼ਾਮਲ ਲੋਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਸਥਾਨਕ ਵਪਾਰੀਆਂ ਅਤੇ ਪਿੰਡ ਵਾਸੀਆਂ ਨੇ ਵੀ ਪਰਿਵਾਰ ਦੇ ਹੱਕ ਵਿੱਚ ਆਵਾਜ਼ ਉਠਾਉਂਦਿਆਂ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ।ਦੂਜੇ ਪਾਸੇ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੂਰੇ ਇਲਾਕੇ ਦੀਆਂ ਨਜ਼ਰਾਂ ਪੁਲਿਸ ਜਾਂਚ ‘ਤੇ ਟਿਕੀਆਂ ਹੋਈਆਂ ਹਨ।
error: Content is protected !!